ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ‘ਤੇ ਕੀਤਾ ਪਲਟਵਾਰ

By November 21, 2015 0 Comments


ਨਵੀਂ ਦਿੱਲੀ, 21 ਨਵੰਬਰ (ਏਜੰਸੀ) – ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਕਾਂਗਰਸ ‘ਤੇ ਦੇਸ਼ ਧਰੋਹ ਦੇ ਲਗਾਏ ਗੰਭੀਰ ਇਲਜ਼ਾਮਾਂ ਤੋਂ ਬਾਅਦ ਸੂਬੇ ਸਮੇਤ ਦੇਸ਼ ਦੀ ਸਿਆਸਤ ਗਰਮਾ ਗਈ ਹੈ। ਉਥੇ ਹੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਨੇ ਕਦੀ ਵੀ ਵੱਖਵਾਦੀ ਤੇ ਦੇਸ਼ ਧਰੋਹ ਤਨਜੀਮਾਂ ਦਾ ਸਮਰਥਨ ਨਹੀਂ ਕੀਤਾ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਡਿਪਟੀ ਸੀ.ਐਮ. ਆਪਣੀ ਸਰਕਾਰ ਦੀਆਂ ਅਸਫਲਤਾਵਾਂ ਦੇ ਦੋਸ਼ ਉਲਟਾ ਕਾਂਗਰਸ ‘ਤੇ ਲਗਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਰਗੇ ਲੀਡਰਾਂ ਨੂੰ ਸਾਨੂੰ ਦੇਸ਼ ਭਗਤੀ ਦਾ ਪਾਠ ਪੜਾਉਣ ਦੀ ਕੋਈ ਲੋੜ ਨਹੀਂ ਹੈ। ਜਿਨ੍ਹਾਂ ਦੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਨੇ ਖ਼ਾਲਿਸਤਾਨ ਅੰਦੋਲਨ ਦੌਰਾਨ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਨੂੰ ਸਾੜਿਆ ਸੀ ਤੇ ਉਹ ਅਜੇ ਵੀ ਇਸ ਨੂੰ ਲੈ ਕੇ ਮਾਣ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਬੱਤ ਖ਼ਾਲਸਾ ‘ਚ ਵੱਡੀ ਗਿਣਤੀ ‘ਚ ਲੋਕਾਂ ਦੀ ਮੌਜੂਦਗੀ ਪੰਜਾਬ ਸਰਕਾਰ ਖਿਲਾਫ ਗੁੱਸੇ ਦਾ ਪ੍ਰਗਟਾਵਾ ਸੀ।

Posted in: ਪੰਜਾਬ