ਬਾਦਲ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਦਾ ਐਲਾਨ

By December 5, 2015 0 Comments


badalਚੰਡੀਗੜ੍ਹ, 5 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਛੇਵੇਂ ਤਨਖ਼ਾਹ ਕਮਿਸ਼ਨ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ। ੳੁਨ੍ਹਾਂ ੲਿਹ ਅੈਲਾਨ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ, ੲਿਸ ਦੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।
ਮੁੱਖ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਮੁਲਾਜ਼ਮ ਯੂਨੀਅਨਾਂ ਨੂੰ ਦੱਸਿਆ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਚਨਾ ਅਤੇ ਸੇਵਾ-ਸ਼ਰਤਾਂ ਨੂੰ ਪ੍ਰਸੋਨਲ ਵਿਭਾਗ ਵੱਲੋਂ ਛੇਤੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਨਵੇਂ ਤਨਖ਼ਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਲਈ ਨਵੇਂ ਪੇ-ਸਕੇਲ ਅਤੇ ਸੂਬਾ ਸਰਕਾਰ ਦੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੇਣ ਸਬੰਧੀ ਸਿਫਾਰਸ਼ਾਂ ਦਿੱਤੀਆਂ ਜਾਣਗੀਆਂ। ਸ੍ਰੀ ਬਾਦਲ ਨੇ ਮੁਲਾਜ਼ਮ ਯੂਨੀਅਨਾਂ ਦੀ ਇਕ ਹੋਰ ਮੰਗ ਨੂੰ ਪ੍ਰਵਾਨ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਪਹਿਲੀ ਜੁਲਾਈ, 2015 ਤੋਂ ਲਾਗੂ ਛੇ ਫੀਸਦੀ ਮਹਿੰਗਾਈ ਭੱਤੇ (ਡੀਏ) ਦੀ ਕਿਸ਼ਤ ਜਨਵਰੀ 2016 ਤੋਂ ਅਦਾ ਕਰਨ ਦਾ ਐਲਾਨ ਵੀ ਕੀਤਾ।
ਇਸ ਮੌਕੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਨਵਰੀ ਤੋਂ ਜੂਨ 2015 ਤੱਕ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਅਦਾਇਗੀ ਅਗਲੇ ਦੋ ਮਹੀਨਿਆਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਜੀਪੀਐਫ ਕਢਵਾਉਣ ਲਈ ਸਬੰਧਤ ਬਿੱਲਾਂ ਦੀ ਅਦਾਇਗੀ ਅਗਸਤ 2015 ਤੱਕ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਵੱਲੋਂ ਸਤੰਬਰ 2015 ਤੋਂ ਲੈ ਕੇ ਬਾਅਦ ਦੇ ਬਿੱਲਾਂ ਦੀ ਅਦਾਇਗੀ ਵੀ ਛੇਤੀ ਹੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਮੁਲਾਜ਼ਮ ਜਥੇਬੰਦੀਆਂ ਦੇ ਸਮੂਹ ਨੁਮਾਇੰਦਿਆਂ ਨੇ ਸ੍ਰੀ ਬਾਦਲ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੇ ਗਠਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ੳੁਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਬਾਕੀ ਮਸਲਿਆਂ ਤੇ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਵਿੱਤ ਡੀ.ਪੀ. ਰੈਡੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਸ.ਕੇ. ਸੰਧੂ, ਸਕੱਤਰ ਤਾਲਮੇਲ ਕੇ.ਏ.ਪੀ. ਸਿਨਹਾ, ਸਕੱਤਰ ਪ੍ਰਸੋਨਲ ਰਾਜੀ ਪੀ. ਸ੍ਰੀਵਾਸਤਵਾ, ਵਧੀਕ ਸਕੱਤਰ ਵਿੱਤ ਗੁਰਨੀਤ ਤੇਜ ਅਤੇ ਵਧੀਕ ਸਕੱਤਰ ਤਾਲਮੇਲ ਨੀਲਮਾ ਹਾਜ਼ਰ ਸਨ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰਿਲੀਜ਼ ਹੋਣ ਤੋਂ ਬਾਅਦ ਪੰਜਾਬ ਸਰਕਾਰ ਉਪਰ ਆਪਣਾ ਤਨਖ਼ਾਹ ਕਮਿਸ਼ਨ ਕਾੲਿਮ ਕਰਨ ਦਾ ਦਬਾਅ ਵਧ ਗਿਆ ਸੀ। ਉਂਜ ਵੀ ਹੁਣ ਸਾਲ 2017 ਦੀਆਂ ਚੋਣਾਂ ਦਾ ਬਿਗਲ ਵੱਜ ਜਾਣ ਕਾਰਨ ਸਰਕਾਰ ਲਈ ਤਨਖ਼ਾਹ ਕਮਿਸ਼ਨ ਦੀ ਸਥਾਪਨਾ ਕਰਨੀ ਮਜਬੂਰੀ ਬਣ ਗਈ ਸੀ ਕਿਉਂਕਿ ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਲੲੀ ਆਪਣੇ ਕਮਿਸ਼ਨ ਦੀ ਰਿਪੋਰਟ ਪਹਿਲੀ ਜਨਵਰੀ 2016 ਤੋਂ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ।





Posted in: ਪੰਜਾਬ