ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ

By January 26, 2016 0 Comments


baba deep singhਸਿੱਖ ਇਤਿਹਾਸ ਲਾਸਾਨੀ ਸ਼ਹਾਦਤਾਂ ਦੀਅਾਂ ਗਾਥਾਵਾਂ ਨਾਲ ਭਰਪੂਰ ਹੈ। ਅਨਿਆਂ ਦੇ ਵਿਰੁੱਧ ਲੜਦਿਆਂ ਅਤੇ ਦੇਸ਼ ਕੌਮ ਦੀ ਰਾਖੀ ਕਰਦਿਆਂ ਸਾਡੇ ਗੁਰੂਆਂ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਜਿੱਥੇ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਰੇਤ ਪਾਈ ਗਈ, ਉੱਥੇ ਹੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣਾ ਸੀਸ ਦੇ ਕੇ ਧਰਮ ਦੀ ਰੱਖਿਆ ਕੀਤੀ ਅਤੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰਨ ਲੱਗਿਆਂ ਇੱਕ ਵਾਰ ਵੀ ਨਾ ਸੋਚਿਆ। ਗੁਰੂ ਗੋਬਿੰਦ ਸਿੰਘ ਜੀ ਕੋਲੋਂ ਖੰਡੇ ਬਾਟੇ ਦੀ ਪਾਹੁਲ ਲੈ ਕੇ ਸਿੰਘ ਸਜੇ ਬਾਬਾ ਦੀਪ ਸਿੰਘ ਦੀ ਸ਼ਹੀਦੀ ਵੀ ਆਪਣੇ ਆਪ ਵਿੱਚ ਇੱਕ ਅਦੁੱਤੀ ਮਿਸਾਲ ਹੈ। ਬਾਬਾ ਦੀਪ ਸਿੰਘ ਜਿੱਥੇ ਨਿਧੜਕ ਯੋਧੇ ਸਨ, ਉੱਥੇ ਹੀ ਉਨ੍ਹਾਂ ਨੇ ਬਾਣੀ ਦਾ ਵੀ ਡੂੰਘਾ ਅਧਿਅੈਨ ਕੀਤਾ। ਬਾਬਾ ਦੀਪ ਸਿੰਘ ਚੰਗੇ ਲਿਖਾਰੀ ਵੀ ਸਨ। ਉਨ੍ਹਾਂ ਨੇ ਆਪਣੀ ਕਲਮ ਨਾਲ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦੇ ਉਤਾਰੇ ਕੀਤੇ। ਸਿੱਖ ਇਤਿਹਾਸ ਵਿੱਚ ਭਾਈ ਮਨੀ ਸਿੰਘ ਤੋਂ ਬਾਅਦ ਬਾਬਾ ਦੀਪ ਸਿੰਘ ਨੂੰ ਮਹਾਨ ਵਿਦਵਾਨ ਮੰਨਿਆ ਜਾਂਦਾ ਹੈ।
ਬਾਬਾ ਦੀਪ ਸਿੰਘ ਦਾ ਜਨਮ 26 ਜਨਵਰੀ 1682 (14 ਮਾਘ 1739 ਬਿਕਰਮੀ) ਨੂੰ ਮਾਤਾ ਜੀਉਣੀ ਅਤੇ ਪਿਤਾ ਭਗਤਾ ਦੇ ਗ੍ਰਹਿ ਵਿਖੇ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਹੋਇਆ। ਬਚਪਨ ਵਿੱਚ ਮਾਤਾ-ਪਿਤਾ ਨੇ ਉਨ੍ਹਾਂ ਦਾ ਨਾਂ ਦੀਪਾ ਰੱਖਿਆ। ਤਕਰੀਬਨ 18 ਸਾਲ ਦੀ ਉਮਰ ਵਿੱਚ ਉਹ ਮਾਤਾ ਪਿਤਾ ਦੇ ਨਾਲ ਅਾਨੰਦਪੁਰ ਸਾਹਿਬ ਦੀ ਪਵਿੱਤਰ ਨਗਰੀ ਵਿੱਚ ਹੋਲਾ ਮਹੱਲਾ ਮਨਾਉਣ ਲਈ ਪਹੁੰਚੇ। ਇੱਥੇ ਹੀ ਉਹ ਗੁਰੂ ਗੋਬਿੰਦ ਸਿੰਘ ਜੀ ਕੋਲੋਂ ਅੰਮ੍ਰਿਤ ਦੀ ਪਾਹੁਲ ਲੈ ਕੇ ਸਿੰਘ ਸਜ ਗਏ ਅਤੇ ਉਨ੍ਹਾਂ ਦਾ ਨਾਂ ਦੀਪ ਸਿੰਘ ਰੱਖ ਦਿੱਤਾ ਗਿਆ। ਬਾਬਾ ਦੀਪ ਸਿੰਘ ਦੇ ਮਾਤਾ ਪਿਤਾ ਤਾਂ ਵਾਪਿਸ ਆ ਗਏ ਪਰ ਉਹ ਗੁਰੂ ਜੀ ਕੋਲ ਹੀ ਰਹਿ ਗਏ। ਅਾਨੰਦਪੁਰ ਸਾਹਿਬ ਵਿੱਚ ਰਹਿ ਕੇ ਉਨ੍ਹਾਂ ਨੇ ਭਾਈ ਮਨੀ ਸਿੰਘ ਦੀ ਰਹਿਨੁਮਾਈ ਹੇਠ ਗੁਰਬਾਣੀ ਦਾ ਅਧਿਐਨ ਕੀਤਾ ਅਤੇ ਨਾਲ ਹੀ ਸ਼ਸਤਰ ਵਿੱਦਿਆ ਵੀ ਗ੍ਰਹਿਣ ਕੀਤੀ। ਉਨ੍ਹਾਂ ਨੇ ਸੰਸਕ੍ਰਿਤ, ਬ੍ਰਿਜ, ਫ਼ਾਰਸੀ ਅਤੇ ਗੁਰਮੁਖੀ ਭਾਸ਼ਾ ਵਿੱਚ ਮੁਹਾਰਤ ਹਾਸਿਲ ਕਰ ਕੇ ਜਿੱਥੇ ਧਰਮ ਗ੍ਰੰਥਾਂ ਦਾ ਅਧਿਐਨ ਕੀਤਾ, ਉੱਥੇ ਹੀ ਬਾਣੀ ਦਾ ਪ੍ਰਚਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ।
ਤਕਰੀਬਨ 2 ਸਾਲ ਦਾ ਸਮਾਂ ਗੁਰੂ ਘਰ ਵਿੱਚ ਬਿਤਾਉਣ ਤੋਂ ਬਾਅਦ ਉਹ ਵਾਪਸ ਆਪਣੇ ਪਿੰਡ ਪਹੂਵਿੰਡ ਆ ਗਏ ਅਤੇ ਇੱਥੋਂ ਦੇ ਲੋਕਾਂ ’ਚ ਬਾਣੀ ਦਾ ਪ੍ਰਚਾਰ ਕਰਨ ਲੱਗੇ। ਜਦੋਂ ਗੁਰੂ ਗੋਬਿੰਦ ਸਿੰਘ ਤਲਵੰਡੀ ਸਾਬੋ ਆ ਗਏ ਤਾਂ ਬਾਬਾ ਦੀਪ ਸਿੰਘ ਵੀ 1705 ਵਿੱਚ ਉਨ੍ਹਾਂ ਕੋਲ ਪਹੁੰਚ ਗਏ। ਇੱਥੇ ਹੀ ਉਨ੍ਹਾਂ ਨੇ ਭਾਈ ਮਨੀ ਸਿੰਘ ਨਾਲ ਮਿਲ ਕੇ ਗੁਰੂ ਗ੍ਰੰਥ ਸਾਹਿਬ ਦੀਆਂ ਹੱਥ ਲਿਖਤ ਬੀੜਾਂ ਤਿਆਰ ਕੀਤੀਆਂ। ਬਾਬਾ ਦੀਪ ਸਿੰਘ ਵੱਲੋਂ ਹੱਥ ਲਿਖਤ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਕਾਲ ਤਖ਼ਤ (ਸ੍ਰੀ ਅੰਮ੍ਰਿਤਸਰ ਸਾਹਿਬ), ਸ੍ਰੀ ਕੇਸਗੜ੍ਹ ਸਾਹਿਬ (ਅਾਨੰਦਪੁਰ), ਪਟਨਾ ਸਾਹਿਬ (ਬਿਹਾਰ) ਤੇ ਹਜ਼ੂਰ ਸਾਹਿਬ (ਨਾਂਦੇੜ ਸਾਹਿਬ) ਵਿੱਚ ਸੁਸ਼ੋਭਿਤ ਹਨ। ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਸੱਚਖੰਡ ਵਾਸੀ ਹੋ ਜਾਣ ਤੋਂ ਬਾਅਦ ਬਾਬਾ ਦੀਪ ਸਿੰਘ ਨੇ ਬੰਦਾ ਬਹਾਦਰ ਦੀ ਵੱਖ-ਵੱਖ ਲੜਾਈਆਂ ਵਿੱਚ ਮਦਦ ਕੀਤੀ। ਸਿੰਘ ਜਥੇ ਬਣਾ ਕੇ ਜ਼ੁਲਮ ਦਾ ਟਾਕਰਾ ਬੜੀ ਦਲੇਰੀ ਨਾਲ ਕਰਦੇ ਰਹੇ। ਬੰਦਾ ਬਹਾਦਰ ਦੀ ਮੌਤ ਤੋਂ ਬਾਅਦ ਇਨ੍ਹਾਂ ਜਥਿਆਂ ਨੂੰ ਮਿਸਲਾਂ ਵਿੱਚ ਵੰਡ ਦਿੱਤਾ ਗਿਆ। ਬਾਬਾ ਦੀਪ ਸਿੰਘ ਨੇ ਸ਼ਹੀਦ ਮਿਸਲ ਦੀ ਵਾਗਡੋਰ ਆਪਣੇ ਹੱਥ ਵਿੱਚ ਲੈ ਲਈ। ਅਬਦਾਲੀ ਦੇ ਪੁੱਤਰ ਤੈਮੂਰ ਸ਼ਾਹ ਦੇ ਕਹਿਣ ’ਤੇ ਜਮਾਲ ਖ਼ਾਂ ਨੇ ਸਿੱਖਾਂ ਦਾ ਕਤਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਨੂੰ ਮਿੱਟੀ ਨਾਲ ਪੂਰ ਦਿੱਤਾ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਬਾਬਾ ਦੀਪ ਸਿੰਘ ਰੋਹ ਵਿੱਚ ਆ ਗਏ ਅਤੇ 5000 ਸਿੰਘਾਂ ਦਾ ਜਥਾ ਲੈ ਕੇ ਅੰਮ੍ਰਿਤਸਰ ਵੱਲ ਤੁਰ ਪਏ। ਤਰਨ ਤਾਰਨ ਸਾਹਿਬ ਪਹੁੰਚ ਕੇ ਬਾਬਾ ਜੀ ਨੇ ਅਰਦਾਸ ਕੀਤੀ ਅਤੇ ਤਰਨ ਤਾਰਨ ਸ਼ਹਿਰ ਤੋਂ ਬਾਹਰ ਇੱਕ ਲਕੀਰ ਖਿੱਚ ਦਿੱਤੀ ਤੇ ਕਿਹਾ ਕਿ ਜੋ ਸ਼ਹੀਦ ਹੋਣ ਲਈ ਤਿਆਰ ਹੋਣ ਸਿਰਫ਼ ਉਹੀ ਲਕੀਰ ਟੱਪਣ ਬਾਕੀ ਵਾਪਸ ਚਲੇ ਜਾਣ। ਸਾਰੇ ਸਿੰਘ ਕਰੋ ਜਾਂ ਮਰੋ ਦੀ ਲੜਾਈ ਲੜਨ ਹਿੱਤ ਲਕੀਰ ਟੱਪ ਗਏ। ਅੱਜ ਕੱਲ੍ਹ ਇੱਥੇ ਗੁਰਦੁਆਰਾ ਲਕੀਰ ਸਾਹਿਬ ਸੁਸ਼ੋਭਿਤ ਹੈ।
ਤਰਨ ਤਾਰਨ ਤੋਂ 10 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਗੋਹਲਵੜ ਪਿੰਡ ਕੋਲ ਜਾ ਕੇ ਬਾਬਾ ਜੀ ਨੇ ਆਪਣੇ ਸਿੰਘਾਂ ਦੇ ਜਥੇ ਨਾਲ ਦੁਸ਼ਮਣ ਦੀ ਫ਼ੌਜ ਨੂੰ ਲੜਾਈ ਲਈ ਲਲਕਾਰਿਆ। ਇਸ ਜਗ੍ਹਾ ਗੁਰਦੁਆਰਾ ਲਲਕਾਰ ਸਾਹਿਬ ਬਣਿਆ ਹੋਇਆ ਹੈ। ਗੋਹਲਵੜ ਵਿੱਚ ਬਾਬਾ ਜੀ ਦਾ ਸਾਹਮਣਾ ਜਮਾਲ ਖ਼ਾਨ ਨਾਲ ਹੋਇਆ। ਫ਼ੌਜਾਂ ਲੜਦੀਆਂ ਹੋਈਆਂ ਅੰਮ੍ਰਿਤਸਰ ਵੱਲ ਵਧ ਰਹੀਆਂ ਸਨ। ਬਾਬਾ ਦੀਪ ਸਿੰਘ ਆਪਣੇ 18 ਸੇਰ ਦੇ ਦੋਧਾਰੀ ਖੰਡੇ ਨਾਲ ਜ਼ਾਲਮਾਂ ਦੇ ਆਹੂ ਲਾਹੁੰਦਿਆਂ ਮੈਦਾਨ ਫ਼ਤਹਿ ਕਰਦੇ ਹੋਏ ਅੱਗੇ ਵਧ ਰਹੇ ਸਨ। ਬਾਬਾ ਦੀਪ ਸਿੰਘ ਦੀ ਜਮਾਲ ਖ਼ਾਨ ਨਾਲ ਹੋਈ ਟੱਕਰ ਵਿੱਚ ਦੋਹਾਂ ਦੇ ਸਾਂਝੇ ਵਾਰ ਨਾਲ ਜਮਾਲ ਖ਼ਾਨ ਦਾ ਸੀਸ ਧੜ ਨਾਲੋਂ ਅੱਡ ਹੋ ਗਿਆ ਅਤੇ ਮੌਕੇ ’ਤੇ ਉਸ ਦੀ ਮੌਤ ਹੋ ਗਈ। ਬਾਬਾ ਜੀ ਦੀ ਧੌਣ ਉੱਪਰ ਵੀ ਜਮਾਲ ਖ਼ਾਨ ਦੀ ਤਲਵਾਰ ਦਾ ਘਾਤਕ ਵਾਰ ਲੱਗਾ। ਬਾਬਾ ਜੀ ਤਲੀ ਨਾਲ ਸੀਸ ਨੂੰ ਸੰਭਾਲਦੇ ਹੋਏ ਜ਼ਾਲਮਾਂ ਨਾਲ ਲੜਦੇ ਅੱਗੇ ਵਧਦੇ ਗਏ ਅਤੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱੱਚ ਆਪਣਾ ਸੀਸ ਭੇਟ ਕੀਤਾ।
ਬਾਬਾ ਦੀਪ ਸਿੰਘ ਅਤੇ ਲੜਾਈ ਵਿੱਚ ਸ਼ਹੀਦ ਹੋਏ ਹੋਰ ਸਿੰਘਾਂ ਦਾ ਜਿੱਥੇ ਸਸਕਾਰ ਕੀਤਾ ਗਿਆ, ਉੱਥੇ ਅੱਜ ਕੱਲ੍ਹ ਗੁਰਦੁਆਰਾ ਸ਼ਹੀਦਾਂ ਸਾਹਿਬ ਬਣਿਆ ਹੋਇਆ ਹੈ। ਬਾਬਾ ਦੀਪ ਸਿੰਘ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਜਨਮ ਦਿਹਾੜਾ 26 ਜਨਵਰੀ ਨੂੰ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਨਾਇਆ ਜਾ ਰਿਹਾ ਹੈ।
ਕੰਵਲਜੀਤ ਕੌਰ ਢਿੱਲੋਂ
ਸੰਪਰਕ: 94787-93231
Tags:
Posted in: ਸਾਹਿਤ