2 ਹਫਤਿਆਂ ‘ਚ ਬਹਿਬਲ ਕਲਾਂ ਕਾਂਡ ਦੀ ਜਾਂਚ ਰਿਪੋਰਟ ਸਾਹਮਣੇ ਆ ਜਾਵੇਗੀ – ਜਸਟਿਸ ਕਾਟਜ਼ੂ

By February 2, 2016 0 Comments


ਜਸਟਿਸ ਕਾਟਜੂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
katju
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਅਰੁਣ ਆਹੂਜਾ/ਰੰਜਨਾਂ ਸ਼ਾਹੀ)-ਬਹਿਬਲ ਕਲਾਂ ਵਿੱਚ ਦੋ ਪ੍ਰਦਰਸ਼ਨਕਾਰੀ ਸਿੱਖਾਂ ਦੀ ਪੁਲਿਸ ਗੋਲੀ ਨਾਲ ਹੋਈ ਮੌਤ ਦੇ ਮਾਮਲੇ ਦੀ ਜਾਂਚ ਕਰਨ ਲਈ ਸਿੱਖ ਫਾਰ ਹਿਊਮਨ ਰਾਈਟਜ ਅਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਨਿਯੁਕਤ ਕੀਤੇ ਗਏ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਦੇ ਸਾਬਕਾ ਚੇਅਰਮੈਨ ਮਾਰਕੰਡੇ ਕਾਟਜੂ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਕਾਂਡ ਦੀ ਜਾਂਚ ਕਰਕੇ ਉਹ ਰਿਪੋਰਟ ਪੰਜਾਬ ਸਰਕਾਰ ਅਤੇ ਲੋਕਾਂ ਅੱਗੇ ਦੋ ਹਫ਼ਤਿਆਂ ਅੰਦਰ ਰੱਖ ਦੇਣਗੇ ਇਸ ਉਪਰੰਤ ਅਗਲੀ ਕਾਰਵਾਈ ਲੋਕਾਂ ਨੇ ਆਪ ਕਰਨੀ ਹੈ। ਪੱਤਰਕਾਰਾਂ ਵੱਲੌਂ ਪੰਜਾਬ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਬਦਨਾਮ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਜਸਟਿਸ ਕਾਟਜੂ ਨੇ ਕਿਹਾ ਕਿ ਇਹ ਮੰਦਭਾਗਾ ਹੈ ਪ੍ਰੰਤੂ ਪੰਜਾਬ ਦੇ ਨੌਜਵਾਨ ਵੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੇ ਮਾਮਲਿਆਂ ਦੀ ਵੀ ਜਾਂਚ ਕਰਨਗੇ ਤਾਂ ਜੋ ਪਤਾ ਚੱਲ ਸਕੇ ਕਿ ਪੰਜਾਬ ਨੂੰ ਕਿਸ ਤਰ੍ਹਾਂ ਹੋਰ ਖੁਸ਼ਹਾਲ ਬਣਾਇਆ ਜਾ ਸਕਦਾ ਹੈ। ਇਸ ਮੋਕੇ ਪੰਥਕ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਜਸਟਿਸ ਕਾਟਜੂ ਬਹਿਬਲ ਕਲਾਂ ਕਾਂਡ ਦੀ ਜਾਂਚ ਕਰਕੇ ਆਏ ਹਨ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਉਹ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ 2 ਹਫਤਿਆਂ ਵਿੱਚ ਬਹਿਬਲ ਕਲਾਂ ਕਾਂਡ ਦੀ ਜਾਂਚ ਰਿਪੋਰਟ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਪੁਲਿਸ ਅਤੇ ਪ੍ਰਸਾਸਨ ਨੂੰ ਸਹਿਯੋਗ ਦੇਣ ਲਈ ਵੀ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਨੂੰ ਮੁਆਵਜਾ ਦੇਣ ਲਈ ਵੀ ਕਮਿਸ਼ਨ ਵੱਲੋਂ ਛੇਤੀ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮਕਸਦ ਰਾਜਨੀਤੀ ਕਰਨੀ ਨਹੀਂ ਸਗੋਂ ਪੰਜਾਬ ਵਿੱਚ ਖੁਸ਼ਹਾਲੀ ਲਿਆਉਣਾ ਹੈ।