ਸਾਕਾ ਸਰਹਿੰਦ : ਨਿੱਕੀਆਂ ਜਿੰਦਾਂ ਦਾ ਵੱਡਾ ਸਾਕਾ

By November 1, 2017 0 Comments


mata-gujri

sahibzadey
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿਚ ਸਭ ਤੋਂ ਵੱਧ ਦਰਦਨਾਕ ਘਟਨਾ ਅਤੇ ਦਿਲ ਨੂੰ ਕੰਬਾ ਦੇਣ ਵਾਲਾ ਸਾਕਾ ਹੈ | ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ | ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਸੂਬਾ ਸਰਹਿੰਦ ਦੇ ਹੁਕਮ ਨਾਲ ਸ਼ਹੀਦ ਕਰ ਦਿੱਤੇ ਗਏ | ਇਸ ਸ਼ਹਾਦਤ ਦੀ ਮਹਾਨਤਾ ਬਾਰੇ ‘ਸ੍ਰੀ ਮੈਥਿਲੀ ਸ਼ਰਨ ਗੁਪਤ’ ਨੇ ਲਿਖਿਆ ਹੈ:
ਜਿਸ ਕੁਲ ਜਾਤੀ ਦੇਸ ਕੇ ਬੱਚੇ
ਦੇ ਸਕਤੇ ਹੈਂ ਯੌਾ ਬਲੀਦਾਨ |
ਉਸ ਕਾ ਵਰਤਮਾਨ ਕੁਛ ਭੀ
ਹੋ ਭਵਿਸ਼ਯ ਹੈ ਮਹਾਂ ਮਹਾਨ |
ਸਰਸਾ ਨਦੀ ਵਿਚ ਭਾਰੀ ਹੜ੍ਹ ਅਤੇ ਦੁਸ਼ਮਣਾਂ ਦਾ ਜ਼ੋਰਦਾਰ ਹਮਲੇ ਸਮੇਂ ਗੁਰੂ ਸਾਹਿਬ ਦੇ ਕਾਫਲੇ ਨਾਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਵਿਛੜ ਗਏ |
ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੁਰੂ-ਘਰ ਦਾ ਰਸੋਈਆ ਗੰਗੂ ਮਿਲ ਗਿਆ | ਇਹ ਉਨ੍ਹਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ | ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ | ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਅਤੇ ਮਾਤਾ ਜੀ ਨੂੰ ਗਿ੍ਫ਼ਤਾਰ ਕਰਵਾ ਦਿੱਤਾ | ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ |
ਉਸ ਰਾਤ ਉਨ੍ਹਾਂ ਨੂੰ ਸਰਹਿੰਦ ਕਿਲ੍ਹੇ ਦੇ ਠੰਡੇ ਬੁਰਜ ਵਿਚ ਰੱਖਿਆ ਗਿਆ | ਪੋਹ ਦੀ ਠੰਡੀ ਰਾਤ ਭੁੱਖੇ-ਭਾਣੇ ਦਾਦੀ ਅਤੇ ਨਿੱਕੇ-ਨਿੱਕੇ ਸੋਹਲ ਕਲੀਆਂ ਵਰਗੇ ਪੋਤਰੇ | ਇਸ ਤੋਂ ਵੱਡਾ ਅਤੇ ਕਠਿਨ ਇਮਤਿਹਾਨ ਸ਼ਾਇਦ ਹੀ ਦੁਨੀਆ ਦੇ ਇਤਿਹਾਸ ਵਿਚ ਕਿਸੇ ਨੂੰ ਪਾਸ ਕਰਨਾ ਪਿਆ ਹੋਵੇ | ਰਾਜ ਦੇ ਸਹਿਮ ਅਤੇ ਸਖ਼ਤੀ ਦੇ ਬਾਵਜੂਦ ਭਾਈ ਮੋਤੀ ਰਾਮ ਮਹਿਰਾ ਨੇ ਭਾਰੀ ਜੋਖਮ ਉਠਾ ਕੇ ਇਨ੍ਹਾਂ ਨਿਰਭੈ ਅਤੇ ਨਿਰਵੈਰ ਸੂਰਬੀਰਾਂ ਦੀ ਦੁੱਧ-ਪਾਣੀ ਨਾਲ ਸੇਵਾ ਕੀਤੀ | ਜਿਸ ਦੇ ਨਤੀਜੇ ਵਜੋਂ ਬਾਅਦ ਵਿਚ ਭਾਈ ਮੋਤੀ ਰਾਮ ਮਹਿਰਾ ਨੂੰ ਸਮੇਤ ਪਰਿਵਾਰ ਸ਼ਾਹੀ ਹੁਕਮ ਅਨੁਸਾਰ ਕੋਹਲੂ ਵਿਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ | ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ | ਕਚਹਿਰੀ ਵਿਚ ਬੱਚਿਆਂ ਨੂੰ ਦੀਨ-ਏ-ਮੁਹੰਮਦੀ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ-ਧਮਕਾਉਣ ਦੇ ਜਤਨ ਕੀਤੇ ਗਏ | ਉਨ੍ਹਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ | ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ | ਵਜ਼ੀਰ ਖ਼ਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਨ੍ਹਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ | ਕਾਜ਼ੀ ਨੇ ਕਿਹਾ ਕਿ ਇਸਲਾਮ ਵਿਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ | ਵਜ਼ੀਰ ਖ਼ਾਨ ਵੀ ਕਿਸੇ ਹੱਦ ਤਕ ਬੱਚਿਆਂ ਦੇ ਕਤਲ ਦਾ ਕਲੰਕ ਆਪਣੇ ਮੱਥੇ ‘ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ | ਹੁਣ ਉਸ ਨੇ ਨਵਾਬ ਮਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ | ਨਵਾਬ ਮਲੇਰਕੋਟਲਾ ਮੁਹੰਮਦ ਸ਼ੇਰ ਖ਼ਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿਚ ਮਾਰਿਆ ਗਿਆ ਸੀ, ਮੈਂ ਇਨ੍ਹਾਂ ਸ਼ੀਰਖੋਰ ਬੱਚਿਆਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ |
ਕਾਜ਼ੀ ਅਤੇ ਸ਼ੇਰ ਖ਼ਾਨ ਦੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਵੇਖਦੇ ਹੋਏ ਵਜ਼ੀਰ ਖ਼ਾਨ ਦੇ ਮਨ ਵਿਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ | ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ, ਜਿਨ੍ਹਾਂ ਦੇ ਉੱਤਰ ਤੋਂ ਉਨ੍ਹਾਂ ਨੂੰ ਬਾਗ਼ੀ ਸਿੱਧ ਕੀਤਾ ਜਾਵੇ | ਸਾਹਿਬਜ਼ਾਦਿਆਂ ਨੇ ਠੋਕ ਕੇ ਜਵਾਬ ਦਿੱਤਾ: ‘ਹਮਰੇ ਬੰਸ ਰੀਤਿ ਇਮ ਆਈ | ਸੀਸ ਦੇਤਿ ਪਰ ਧਰਮ ਨ ਜਾਈ |’ ਉਸ ਨੇ ਵਜ਼ੀਰ ਖ਼ਾਨ ਨੂੰ ਵੀ ਉਕਸਾਇਆ ਕਿ ਇਨ੍ਹਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ ਕਿਉਂਕਿ ਇਹ ਬਾਗ਼ੀ ਪਿਤਾ ਦੇ ਬਾਗ਼ੀ ਪੁੱਤਰ ਹਨ ਅਤੇ ਵੱਡੇ ਹੋ ਕੇ ਮੁਗ਼ਲੀਆ ਸਲਤਨਤ ਲਈ ਖ਼ਤਰਾ ਬਣ ਜਾਣਗੇ | ਸੁੱਚਾ ਨੰਦ ਦੀਆਂ ਉਕਸਾਊ ਦਲੀਲਾਂ ਸੁਣ ਕੇ ਵਜ਼ੀਰ ਖ਼ਾਨ ਨੇ ਵੀ ਬੱਚਿਆਂ ਨੂੰ ਸਜ਼ਾ ਦੇਣ ਦਾ ਮਨ ਬਣਾ ਲਿਆ | ਕਾਜ਼ੀ ਤੋਂ ਫਿਰ ਪੁੱਛਿਆ | ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਪਰੰਤੂ ਕੁਰਾਨ ਸ਼ਰੀਫ ਦੀਆਂ ਸਿੱਖਿਆਵਾਂ ਤੋਂ ਉਲਟ ਦੋਹਾਂ ਬੱਚਿਆਂ ਨੂੰ ਕੰਧਾਂ ਵਿਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ | ਬੱਚਿਆਂ ਨੂੰ ਕੰਧਾਂ ਵਿਚ ਚਿਣਿਆ ਗਿਆ | ਦੁਨੀਆ ਦੀ ਇਹ ਅਜੀਮ, ਨਿਵੇਕਲੀ, ਲਾਮਿਸਾਲ, ਦਿਲ-ਕੰਬਾਊ ਅਤੇ ਇਤਿਹਾਸਕ ਸ਼ਹੀਦੀ ਨੇ ਭਾਰਤ ਦੇ ਇਤਿਹਾਸ ਦਾ ਵਹਿਣ ਹੀ ਮੋੜ ਦਿੱਤਾ ਅਤੇ ਦੁਨੀਆ ਨੂੰ ਅਸਚਰਜਤਾ ਵਿਚ ਪਾ ਦਿੱਤਾ | ਸਾਹਿਬਜ਼ਾਦਿਆਂ ਨੇ ਆਪਣੇ ਸੀਸ ਭੇਟ ਕਰ ਕੇ ਸਿੱਖ ਕੌਮ ਅਤੇ ਭਾਰਤ ਦਾ ਸੀਸ ਉੱਚਾ ਕਰ ਦਿੱਤਾ | ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ | ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਭਰਮਾਉਣ ਦਾ ਯਤਨ ਕੀਤਾ ਗਿਆ ਸੀ | ਕਈ ਵਾਰ ਮੌਤ ਦੇ ਭੈਅ ਵਿੱਚੋਂ ਲੰਘਾਇਆ ਗਿਆ ਸੀ ਅਤੇ ਤੜਫਾ-ਤੜਫਾ ਕੇ ਸ਼ਹੀਦ ਕੀਤਾ ਗਿਆ ਸੀ | ਇਹ ਸਾਰਾ ਤਸ਼ੱਦਦ ਉਨ੍ਹਾਂ ਨੇ ਕਿਵੇਂ ਬਰਦਾਸ਼ਤ ਕੀਤਾ, ਇਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ | ਉਨ੍ਹਾਂ ਨੇ ਜਬਰ ਦਾ ਮੂੰਹ ਮੋੜ ਕੇ ਦਸਾਂ ਪਾਤਸ਼ਾਹੀਆਂ, ਦੇਸ਼ ਅਤੇ ਕੌਮ ਦੀ ਸ਼ਾਨ ਨੂੰ ਕਾਇਮ ਹੀ ਨਹੀਂ ਰੱਖਿਆ ਸਗੋਂ ਉੱਚਾ ਚੁੱਕਿਆ ਅਤੇ ਖਾਲਸਾ ਪੰਥ ਨੂੰ ਲਾਸਾਨੀ ਅਤੇ ਇਤਿਹਾਸਕ ਫ਼ਤਿਹ ਦਿਵਾਈ | ਇਸ ਸ਼ਹੀਦੀ ਸਬੰਧੀ ਅਲਾਮਾ ਇਕਬਾਲ, ਮੁਗ਼ਲ ਤਾਨਾਸ਼ਾਹਾਂ ਅਤੇ ਦੀਨ-ਏ-ਮੁਹੰਮਦੀ ਦੇ ਠੇਕੇਦਾਰਾਂ ਨੂੰ ਫਿਟਕਾਰ ਪਾਉਂਦੇ ਇਉਂ ਲਿਖਦੇ ਹਨ:
ਕਤਲ-ਏ-ਮਾਸੂਮ ਕਰਤੇ ਹੋ ਔਰ ਇਸੇ ਇਨਸਾਫ਼-ਏ ਖੁਦਾ ਕਹਤੇ ਹੋ |
ਕਿਆ ਇਸੀ ਕੋ ਦੀਨ-ਏ-ਮੁਹੰਮਦ ਕਹਤੇ ਹੋ |
ਬਿਰਧ ਉਮਰੇ ਮਾਤਾ ਗੁਜਰੀ ਜੀ ਵੀ ਠੰਡੇ ਬੁਰਜ ਅੰਤਾਂ ਦੇ ਤਸੀਹੇ ਝਲਦੇ ਹੋਏ ਸ਼ਹੀਦੀ ਪਾ ਗਏ | ਭਾਰਤ ਅਤੇ ਸਿੱਖ ਕੌਮ ਦੇ ਇਤਿਹਾਸ ਵਿਚ ਸੱਚ, ਹੱਕ, ਧਰਮ, ਮਨੁੱਖੀ ਅਧਿਕਾਰ ਅਤੇ ਰਾਸ਼ਟਰੀ ਗੌਰਵ ਲਈ ਕਿਸੇ ਇਸਤਰੀ ਦੀ ਇਹ ਪਹਿਲੀ ਸ਼ਹੀਦੀ ਸੀ |
ਸਾਹਿਬਜ਼ਾਦਿਆਂ ਨੇ ਗੁਰੂ-ਘਰ ਦੇ ਮਹਾਨ ਉਦੇਸ਼ਾਂ ਦੀ ਪੂਰਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਵਕਤ ਦੀ ਹੈਰਤਅੰਗੇਜ਼ੀ ਅਤੇ ਰਾਜ ਦੀ ਸ਼ਕਤੀ ਦੀ ਦਰਿੰਦਗੀ ਦੀ ਇੰਤਹਾ! ਸੂਬਾ ਸਰਹਿੰਦ ਨੇ ਇਨ੍ਹਾਂ ਸ਼ਹੀਦਾਂ ਦਾ ਸਸਕਾਰ ਕਰਨ ਲਈ ਜਗ੍ਹਾ ਦੇਣ ਲਈ ਸ਼ਰਤ ਰੱਖ ਦਿੱਤੀ, ਜਿਸ ਅਨੁਸਾਰ ਸੂਬਾ ਸਰਹਿੰਦ ਦੇ ਅਹਿਮ ਅਹਿਲਕਾਰ ਪਰੰਤੂ ਗੁਰੂ-ਘਰ ਦੇ ਸ਼ਰਧਾਲੂ ਦੀਵਾਨ ਟੋਡਰ ਮੱਲ ਨੇ ਧਨ ਇਕੱਠਾ ਕਰ ਕੇ ਖੜ੍ਹੀਆਂ ਅਸ਼ਰਫੀਆਂ ਰੱਖ ਕੇ ਸਸਕਾਰ ਲਈ ਜ਼ਮੀਨ ਖ਼ਰੀਦ ਕੇ ਤਿੰਨਾਂ ਸ਼ਹੀਦਾਂ ਦਾ ਸਸਕਾਰ ਕਰ ਦਿੱਤਾ | ਇਥੇ ਅੱਜਕਲ੍ਹ ‘ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ’ ਸੁਸ਼ੋਭਿਤ ਹੈ | ਬਿਨਾਂ ਸ਼ੱਕ ਦੀਵਾਨ ਟੋਡਰ ਮੱਲ ਪੰਥ ਦਾ ਅਨਮੋਲ ਹੀਰਾ ਸੀ, ਗੁਰੂ-ਘਰ ਦਾ ਅਨਿੰਨ ਸੇਵਕ ਸੀ, ਰੱਬ ਦਾ ਪਿਆਰਾ ਸੀ, ਹੱਕ ਅਤੇ ਸੱਚ ਦਾ ਪਹਿਰੇਦਾਰ ਸੀ | ਇਹ ਦੋਵੇਂ ਭਾਈ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਕੌਮ ਦੇ ‘ਪੰਥ ਰਤਨ’ ਹਨ |
ਖ਼ਾਲਸਾ ਪੰਥ ਅਤੇ ਦੇਸ਼ ਵਾਸੀ ਉਨ੍ਹਾਂ ਮਹਾਨ ਆਤਮਾਵਾਂ—ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਾਕੇ ਦੀ ਸਾਲਾਨਾ ਯਾਦ ਸਤਿਕਾਰ ਅਤੇ ਪੂਰਨ ਸ਼ਰਧਾ ਸਹਿਤ ਹਰ ਸਾਲ ਮਨਾਉਂਦੇ ਹਨ | ਹਰ ਰੋਜ਼ ਸੈਂਕੜੇ ਅਤੇ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਜੋੜ-ਮੇਲੇ ਸਮੇਂ ਲੱਖਾਂ ਸ਼ਰਧਾਲੂ ਦੇਸ਼-ਪ੍ਰਦੇਸ ਅਤੇ ਵਿਦੇਸ਼ ਤੋਂ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਆਉਂਦੇ ਹਨ | ਉਨ੍ਹਾਂ ਮਹਾਨ ਹਸਤੀਆਂ ਦੇ ਚਰਨਾਂ ਵਿਚ ਅਸੀਂ ਇਹੋ ਵੱਡੀ ਭੇਟਾ ਰੱਖ ਸਕਦੇ ਹਾਂ ਕਿ ਉਨ੍ਹਾਂ ਦੀ ਮਹਾਨਤਾ ਨੂੰ ਸਮਝੀਏ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੀਏ ਅਤੇ ਸਿੱਖੀ ਆਦਰਸ਼ਾਂ ‘ਤੇ ਪਹਿਰਾ ਦੇਣ ਦਾ ਪ੍ਰਣ ਕਰੀਏ |

-ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ |
ਮੋਬਾਈਲ : 99158-05100.
Tags: , ,
Posted in: ਸਾਹਿਤ