Breaking News
Home / ਪੰਜਾਬ / ਬੇਅਦਬੀ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਬਲਾਤਕਾਰੀ ਰਾਮ ਰਹੀਮ ਦੇ 7 ਚੇਲੇ ਗਿ੍ਫ਼ਤਾਰ

ਬੇਅਦਬੀ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਬਲਾਤਕਾਰੀ ਰਾਮ ਰਹੀਮ ਦੇ 7 ਚੇਲੇ ਗਿ੍ਫ਼ਤਾਰ

ਫ਼ਰੀਦਕੋਟ- ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ 1 ਜੂਨ 2015 ਨੂੰ ਚੋਰੀ ਹੋਏ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਮਾਮਲੇ ਦੀ ਪੜਤਾਲ ਕਰ ਰਹੀ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਅੱਜ ਜ਼ਿਲ੍ਹਾ ਫ਼ਰੀਦਕੋਟ ਤੋੋਂ ਤੜਕੇ 4 ਕੁ ਵਜੇ ਆਪਣੇ-ਆਪਣੇ ਘਰਾਂ ‘ਚ ਸੁੱਤੇ ਪਏ ਸੱਤ ਡੇਰਾ ਪ੍ਰੇਮੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਗਿ੍ਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਉਰਫ਼ ਸੰਨੀ ਵਾਸੀ ਕੋਟਕਪੂਰਾ, ਰਣਜੀਤ ਸਿੰਘ ਭੋਲਾ ਵਾਸੀ ਕੋਟਕਪੂਰਾ, ਨਿਸ਼ਾਨ ਸਿੰਘ ਵਾਸੀ ਕੋਟਕਪੂਰਾ, ਸ਼ਕਤੀ ਸਿੰਘ ਵਾਸੀ ਪਿੰਡ ਡਗੋ ਰੋਮਾਣਾ, ਰਣਦੀਪ ਸਿੰਘ ਨੀਲਾ ਵਾਲੀ ਫ਼ਰੀਦਕੋਟ, ਨਰਿੰਦਰ ਵਾਸੀ ਫ਼ਰੀਦਕੋਟ ਤੇ ਬਲਜੀਤ ਸਿੰਘ ਵਾਸੀ ਪਿੰਡ ਸਿੱਖਾਂਵਾਲਾ ਨੂੰ ਅੱਜ ਇਥੇ ਡਿਊਟੀ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਡਿਊਟੀ ਮੈਜਿਸਟਰੇਟ ਵਲੋਂ ਸੁਖਜਿੰਦਰ ਸਿੰਘ ਉਰਫ਼ ਸੰਨੀ ਤੇ ਸ਼ਕਤੀ ਸਿੰਘ ਨੂੰ ਪੁਲਿਸ ਹਿਰਾਸਤ ‘ਚੋਂ ਰਿਹਾਅ ਕਰਨ ਦੇ ਆਦੇਸ਼ ਦਿੱਤੇ ਗਏ ਤੇ ਬਾਕੀ ਦੇ ਪੰਜ ਡੇਰਾ ਪ੍ਰੇਮੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ | ਜਾਂਚ ਟੀਮ ਵਲੋਂ ਅੱਜ ਅਦਾਲਤ ‘ਚ ਦਾਅਵਾ ਕੀਤਾ ਗਿਆ ਕਿ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਇਨ੍ਹਾਂ ਡੇਰਾ ਪ੍ਰੇਮੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ | ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਵਲੋਂ ਸੁਖਜਿੰਦਰ ਸਿੰਘ ਸੰਨੀ ਤੇ ਸ਼ਕਤੀ ਸਿੰਘ ਨੂੰ ਇਸ ਮਾਮਲੇ ਵਿਚ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਸੀ.ਬੀ.ਆਈ. ਮੁਹਾਲੀ ਦੀ ਅਦਾਲਤ ਵਲੋਂ ਇਨ੍ਹਾਂ ਦੋਹਾਂ ਡੇਰਾ ਪ੍ਰੇਮੀਆਂ ਨੂੰ 7 ਸਤੰਬਰ 2018 ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਸੀ |

ਇਸ ਪੱਖ ਨੂੰ ਡੇਰਾ ਪ੍ਰੇਮੀਆਂ ਦੇ ਵਕੀਲ ਵਲੋਂ ਅਦਾਲਤ ‘ਚ ਰੱਖੇ ਜਾਣ ਤੋਂ ਬਾਅਦ ਡਿਊਟੀ ਮੈਜਿਸਟਰੇਟ ਵਲੋਂ ਦੋਵਾਂ ਡੇਰਾ ਪ੍ਰੇਮੀਆਂ ਨੂੰ ਪੁਲਿਸ ਹਿਰਾਸਤ ‘ਚੋਂ ਰਿਹਾਅ ਕਰਨ ਦੇ ਆਦੇਸ਼ ਦਿੱਤੇ ਗਏ | ਡੇਰਾ ਪ੍ਰੇਮੀਆਂ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪ ਦੇ ਮਾਮਲੇ ‘ਚ ਉਨ੍ਹਾਂ ਦੀ ਜਾਂਚ ਟੀਮ ਵਲੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ ਸੱਤ ਡੇਰਾ ਪ੍ਰੇਮੀਆਂ ਨੂੰ ਅੱਜ ਇਥੇ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਹੈ | ਡੀ.ਆਈ.ਜੀ. ਨੇ ਦਾਅਵਾ ਕੀਤਾ ਕਿ ਸੁਖਜਿੰਦਰ ਸਿੰਘ ਉਰਫ਼ ਸੰਨੀ ਤੇ ਰਣਦੀਪ ਸਿੰਘ ਉਰਫ਼ ਨੀਲਾ ਨੇ ਬੁਰਜ ਜਵਾਹਰ ਸਿੰਘ ਵਾਲਾ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਸੀ ਤੇ ਸ਼ਕਤੀ ਸਿੰਘ, ਬਲਜੀਤ ਤੇ ਰਣਜੀਤ ਭੋਲਾ ਨੇ ਸਰੂਪ ਨੂੰ ਰਸਤੇ ‘ਚ ਹਾਸਲ ਕੀਤਾ ਅਤੇ ਨਿਸ਼ਾਨ ਸਿੰਘ ਅਤੇ ਬਲਜੀਤ ਸਰੂਪ ਨੂੰ ਪਿੰਡ ਸਿਖਾਂਵਾਲਾ ਲੈ ਗਏ |

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਂਚ ਅਜੇ ਇਥੋਂ ਤੱਕ ਪਹੁੰਚੀ ਹੈ | ਅੱਗੇ ਜਾਂਚ ਲਈ ਅੱਜ ਅਦਾਲਤ ਤੋਂ ਪੁਲਿਸ ਰਿਮਾਂਡ ਮੰਗਿਆ ਜਾਵੇਗਾ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦਾਅਵਾ ਕੀਤਾ ਕਿ ਗਿ੍ਫ਼ਤਾਰ ਕੀਤੇ ਗਏ ਸੱਤ ਡੇਰਾ ਪ੍ਰੇਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਚੋਰੀ ਕਰਨ ਦੀ ਸਾਜਿਸ਼ ਵਿਚ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਵਲੋਂ ਕਲੋਜ਼ਰ ਰਿਪੋਰਟ ਅਦਾਲਤ ‘ਚ ਦੇਣ ਮਗਰੋਂ ਪੰਜਾਬ ਸਰਕਾਰ ਨੇ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਸਰੂਪ ਚੋਰੀ ਹੋਣ, 25 ਸਤੰਬਰ 2015 ਨੂੰ ਬਰਗਾੜੀ ਵਿਖੇ ਇਤਰਾਜ਼ਯੋਗ ਪੋਸਟਰ ਲਾਉਣ ਅਤੇ 12 ਅਕਤੂਬਰ 2015 ਨੂੰ ਚੋਰੀ ਹੋਏ ਸਰੂਪ ਦੇ ਬਰਗਾੜੀ ਵਿਖੇ ਗਲੀਆਂ ‘ਚ ਅੰਗ ਖਿਲਾਰਨ ਸਬੰਧੀ ਦਰਜ ਹੋਏ ਮਾਮਲਿਆਂ ਦੀ ਪੜਤਾਲ 28-2-2020 ਨੂੰ ਉਨ੍ਹਾਂ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸੌਾਪੀ ਸੀ | ਉਨ੍ਹਾਂ ਕਿਹਾ ਕਿ ਜਾਂਚ ਟੀਮ ਵਲੋਂ ਇਨ੍ਹਾਂ ਮਾਮਲਿਆਂ ਦੀ ਪੜਤਾਲ ਪੂਰੀ ਸਰਗਰਮੀ ਤੇ ਨਿਰਪੱਖ ਤਰੀਕੇ ਨਾਲ ਕੀਤੀ ਜਾ ਰਹੀ ਹੈ |

Check Also

ਗੋਲਡੀ ਪੀ.ਪੀ ਵਲੋਂ ਐਨ.ਜੀ.ਉ ਦੇ ਨਾਮ ਤੇ ਐਵਾਰਡ ਲੈਣ ਦੀਆ ਵੀਡੀਉ ਵਾਇਰਲ

ਗੋਲਡੀ ਨੇ ਕਿਹਾ ਸੀ ਸਾਡੀ ਕੋਈ ਐਨ.ਜੀ.ਉ ਨਹੀਂ ਹੈ, ਪਰ ਐਨ.ਜੀ.ਉ ਦੇ ਨਾਮ ਤੇ ਐਵਾਰਡ …

%d bloggers like this: