ਸਰਦਾਰ ਜਸਵੰਤ ਸਿੰਘ ਖਾਲੜਾ ਜੋ ਲਾਪਤਾ ਲੋਕਾਂ ਦੀ ਭਾਲ ਕਰਦਾ ਆਪ ‘ਲਾਪਤਾ’ ਹੋਇਆ

By December 12, 2018


ਪੰਜਾਬ ਦਾ 1980ਵਿਆਂ ਅਤੇ 1990ਵਿਆਂ ਦਾ ਪਹਿਲਾ ਅੱਧ ਖਾੜਕੂ ਲਹਿਰ, ਪੁਲਿਸ ਕਾਰਵਾਈਆਂ ਅਤੇ ਬੇਕਸੂਰ ਲੋਕਾਂ ਦੇ ਘਾਣ ਲਈ ਜਾਣਿਆ ਜਾਂਦਾ ਹੈ।

ਇਸ ਦੌਰ ਵਿੱਚ ਖਾਲਿਸਤਾਨ ਪੱਖੀ ਲਹਿਰ ਨੂੰ ਦਬਾਉਣ ਲਈ ਪੁਲਿਸ ਤਸ਼ੱਦਦ, ਹਿਰਾਸਤੀ ਮੌਤਾਂ ਅਤੇ ਝੂਠੇ ਪੁਲਿਸ ਮੁਕਾਬਲੇ ਵੀ ਲਗਾਤਾਰ ਚਰਚਾ ਵਿੱਚ ਰਹੇ।

ਇਹ ਮਸਲਾ ਮਨੁੱਖੀ ਹਕੂਕ ਕਾਰਕੁਨ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਹਵਾਲੇ ਨਾਲ ਚਰਚਾ ਵਿੱਚ ਆਇਆ ਜਦੋਂ ਉਨ੍ਹਾਂ ਨੇ ਅੰਮ੍ਰਿਤਸਰ, ਮਜੀਠਾ ਅਤੇ ਤਰਨ ਤਾਰਨ ਦੇ ਤਿੰਨ ਸ਼ਮਸ਼ਾਨ ਘਾਟਾਂ ਵਿੱਚ ਜੂਨ 1984 ਤੋਂ ਦਸੰਬਰ 1994 ਤੱਕ ਕਿਓਟੀਆਂ ਗਈਆਂ ਲਾਸ਼ਾਂ ਦੇ ਵੇਰਵੇ ਨਸ਼ਰ ਕੀਤੇ। ਉਨ੍ਹਾਂ ਨੇ ਸਬੂਤਾਂ ਸਹਿਤ ਇਹ ਸਿੱਧ ਕਰ ਦਿੱਤਾ ਕਿ ਇਹ ਲਾਵਾਰਿਸ ਲਾਸ਼ਾਂ ਪੁਲਿਸ ਦੀਆਂ ਗ਼ੈਰ-ਕਾਨੂੰਨੀ ਕਾਰਵਾਈਆਂ ਦੀ ਗਵਾਹੀ ਭਰਦੀਆਂ ਹਨ।

ਜਸਵੰਤ ਸਿੰਘ ਖਾਲੜਾ ਦੇ ਦਾਅਵੇ ਦੀ ਤਸਦੀਕ ਇਹ ਤੱਥ ਕਰਦੇ ਸਨ ਕਿ ਜ਼ਿਆਦਾਤਰ ਲਾਸ਼ਾਂ ਪੁਲਿਸ ਨੇ ਸ਼ਮਸ਼ਾਨ ਘਾਟਾਂ ਵਿੱਚ ਲਿਆਂਦੀਆਂ ਸਨ। ਖਾਲੜਾ ਰਾਹੀਂ ਹੋਏ ਖੁਲਾਸੇ ਨੇ ਲਾਵਾਰਿਸ ਲਾਸ਼ਾਂ ਅਤੇ ਲਾਪਤਾ ਜੀਆਂ ਦੇ ਸੁਆਲ ਪਰਿਵਾਰਾਂ ਜਾਂ ਉਨ੍ਹਾਂ ਨਾਲ ਜੁੜੀਆਂ ਜਥੇਬੰਦੀਆਂ ਦੇ ਘੇਰੇ ਵਿੱਚੋਂ ਕੱਢ ਸਿਆਸੀ-ਸਮਾਜਿਕ ਪਿੜ ਵਿੱਚ ਲਿਆ ਦਿੱਤੇ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ 15 ਜੁਲਾਈ 2004 ਨੂੰ ‘ਦਿ ਟ੍ਰਿਬਿਊਨ’ ਅਖ਼ਬਾਰ ਵਿੱਚ ਇੱਕ ਜਨਤਕ ਨੋਟਿਸ ਜਾਰੀ ਕੀਤਾ ਸੀ। ਉਸ ਵਿੱਚ ਕਮਿਸ਼ਨ ਨੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਈ ਜਾਂਚ ਵਿੱਚ ਉਨ੍ਹਾਂ 2097 ਲਾਸ਼ਾਂ ਦਾ ਵੇਰਵਾ ਦਿੱਤਾ ਜਿਨ੍ਹਾਂ ਦਾ ਪੰਜਾਬ ਪੁਲਿਸ ਵੱਲੋਂ ਸਸਕਾਰ ਕਰ ਦਿੱਤਾ ਗਿਆ ਸੀ। ਕਮਿਸ਼ਨ ਨੇ ਅੰਮ੍ਰਿਤਸਰ, ਮਜੀਠਾ ਅਤੇ ਤਰਨਤਾਰਨ ਵਿੱਚ ਕੀਤੇ ਸਸਕਾਰਾਂ ਦੀ ਜਾਣਕਾਰੀ ਜਾਰੀ ਕੀਤੀ ਸੀ। ਕਮਿਸ਼ਨ ਨੇ ਲਾਸ਼ਾਂ ਨੂੰ ਤਿੰਨ ਸ਼੍ਰੇਣੀ ਵਿੱਚ ਵੰਡਿਆ ਸੀ। ਏ ਸ਼੍ਰੇਣੀ ਵਿੱਚ 693 ਲਾਸ਼ਾਂ ਦੀ ਜਾਣਕਾਰੀ ਸੀ ਜਿਨ੍ਹਾਂ ਦੀ ਪਛਾਣ ਹੋ ਚੁੱਕੀ ਸੀ। ਬੀ ਸ਼੍ਰੇਣੀ ਵਿੱਚ 214 ਲਾਸ਼ਾਂ ਦੀ ਜਾਣਕਾਰੀ ਸੀ ਜਿਨ੍ਹਾਂ ਦੀ ਕੁਝ ਹੱਦ ਤੱਕ ਪਛਾਣ ਹੋ ਸਕੀ ਸੀ ਅਤੇ ਸੀ ਸ਼੍ਰੇਣੀ ਵਿੱਚ 1190 ਲਾਸ਼ਾਂ ਸਨ ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਸੀ। ਕਮਿਸ਼ਨ ਨੇ ਜਨਤਕ ਨੋਟਿਸ ਜਾਰੀ ਕਰਕੇ ਲੋਕਾਂ ਤੋਂ ਆਪਣੇ ਦਾਅਵੇ ਪੇਸ਼ ਕਰਨ ਨੂੰ ਕਿਹਾ ਸੀ। 88 ਲੋਕਾਂ ਵੱਲੋਂ ਆਪਣੇ ਦਾਅਵੇ ਪੇਸ਼ ਕੀਤੇ ਗਏ ਸਨ।

ਲਾਪਤਾ ਲੋਕਾਂ ਦੀ ਭਾਲ ਕਰਨ ਵਾਲਾ ‘ਲਾਪਤਾ’ ਹੋਇਆ

ਇਨ੍ਹਾਂ ਮਸਲਿਆਂ ਨਾਲ ਜੁੜੇ ਸੁਆਲਾਂ ਦੀ ਕੀਮਤ ਸਰਦਾਰ ਜਸਵੰਤ ਸਿੰਘ ਖਾਲੜਾ ਨੂੰ ਆਪਣੀ ਜਾਨ ਦੇ ਕੇ ਉਤਾਰਨੀ ਪਈ ਸੀ। ਉਨ੍ਹਾਂ ਨੂੰ 6 ਸਤੰਬਰ 1995 ਨੂੰ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਘਰੋਂ ਪੁਲਿਸ ਅਤੇ ਭਾਰਤੀ ਸੁਰੱਖਿਆ ਏਜੰਸੀਆਂ ਨੇ ਅਗਵਾ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਲੱਗਿਆ।

ਲੇਖਕ- ਦਲਜੀਤ ਅਮੀ ਅਤੇ ਜਸਪਾਲ ਸਿੰਘ




Tags: , , , , ,