ਆਪਣੀ ਮਿਹਨਤ ਅਤੇ ਸਿਦਕਦਿਲੀ ਨਾਲ ਦੁਨੀਆ ਭਰ ‘ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਪੰਜਾਬੀਆਂ ਨੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਹਰ ਪੱਧਰ ‘ਤੇ ਯਤਨ ਕੀਤੇ ਹਨ ਤੇ ਇਹੀ ਵਜ੍ਹਾ ਹੈ ਕਿ ਅੱਜ ਕੈਨੇਡਾ ਤੇ ਇੰਗਲੈਂਡ ਸਮੇਤ ਦੁਨੀਆ ਦੇ ਹੋਰਨਾਂ ਮੁਲਕਾਂ ਵਲੋਂ ਵੀ ਪੰਜਾਬੀ ਭਾਸ਼ਾ ਨੂੰ ਮਾਨਤਾ ਦਿੱਤੀ ਗਈ ਹੈ ਤੇ ਹੋਰਨਾਂ ਥਾਂਵਾਂ ‘ਤੇ ਵੀ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਣ ਲੱਗਾ ਹੈ ਪਰ ਇਸ ਦੇ ਬਾਵਜੂਦ ਆਪਣੇ ਹੀ ਮੁਲਕ ‘ਚ ਸਰਕਾਰਾਂ ਵਲੋਂ ਪੰਜਾਬੀ ਬੋਲੀ ਨਾਲ ਵਿਤਕਰਾ ਲਗਾਤਾਰ ਜਾਰੀ ਹੈ, ਜਿਸ ਕਾਰਨ ਸਮੂਹ ਪੰਜਾਬੀਆਂ ਤੇ ਖਾਸ ਕਰਕੇ ਸਿੱਖ ਭਾਈਚਾਰੇ ਅੰਦਰ ਬੇਗਾਨਗੀ ਤੇ ਬੇਭਰੋਸਗੀ ਦਾ ਅਹਿਸਾਸ ਵਧ ਰਿਹਾ ਹੈ |
ਹਾਲ ਹੀ ‘ਚ ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਦੀ ਸਰਕਾਰੀ ਭਾਸ਼ਾ ਸਬੰਧੀ ਸੰਸਦ ‘ਚ ਲਿਆਂਦੇ ਜਾ ਰਹੇ ਪ੍ਰਸਤਾਵਿਤ ਬਿੱਲ ‘ਚੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕੀਤੇ ਜਾਣ ਦੇ ਫ਼ੈਸਲੇ ਨੇ ਪੰਜਾਬੀਆਂ ਤੇ ਖਾਸ ਕਰਕੇ ਸਿੱਖ ਭਾਈਚਾਰੇ ਅੰਦਰ ਭਾਰੀ ਬੇਚੈਨੀ ਪੈਦਾ ਕੀਤੀ ਹੈ | ਇਸ ਦੌਰਾਨ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਅਤੇ ਪੰਜਾਬੀ ਪ੍ਰੇਮੀਆਂ ਨੇ ਜ਼ੋਰਦਾਰ ਵਿਰੋਧ ਕਰਦਿਆਂ ਇਸ ਨੂੰ ਪੰਜਾਬੀ ਭਾਸ਼ਾ ‘ਤੇ ਸਿੱਧਾ ਹ ਮ ਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਜਿੱਥੇ ਪੰਜਾਬ ਅਤੇ ਪੰਜਾਬੀਆਂ ਨਾਲ ਧੱਕਾ ਹੈ, ਉੱਥੇ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਵੀ ਬੇਇਨਸਾਫ਼ੀ ਹੈ | ਵੱਖ-ਵੱਖ ਆਗੂਆਂ ਨੇ ਇਸ ਫ਼ੈਸਲੇ ਪਿੱਛੇ ਛੁਪੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਮਨਸੂਬਿਆਂ ‘ਤੇ ਵੀ ਸਵਾਲ ਚੁੱਕਦੇ ਹੋਏ ਇਸ ਨੂੰ ਘੱਟ ਗਿਣਤੀ ਲੋਕਾਂ ਖ਼ਿਲਾਫ਼ ਇਕ ਸੋਚੀ ਸਮਝੀ ਸਾਜਿਸ਼ ਕਰਾਰ ਦਿੱਤਾ ਹੈ |
ਉਨ੍ਹਾਂ ਕੇਂਦਰ ਸਰਕਾਰ ਨੂੰ ਆਪਣੇ ਫ਼ੈਸਲੇ ‘ਤੇ ਮੁੜ ਨਜ਼ਰਸਾਨੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮਸਲਾ ਕਰੋੜਾਂ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਕਸ਼ਮੀਰੀ ਲੋਕਾਂ ਦੇ ਹੱਕਾਂ ਨਾਲ ਜੁੜਿਆ ਹੋਇਆ ਹੈ | ਇੱਥੇ ਦੱਸਣਯੋਗ ਹੈ ਕਿ ਗੁਆਂਢੀ ਸੂਬਾ ਹੋਣ ਕਰਕੇ ਪੰਜਾਬੀਆਂ ਦੀ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਭਾਵਨਾਤਮਕ ਸਾਂਝ ਰਹੀ ਹੈ ਤੇ ਉੱਥੇ ਦੇ ਵੱਡੀ ਗਿਣਤੀ ਲੋਕਾਂ ਵਲੋਂ ਅੱਜ ਵੀ ਪੰਜਾਬੀ ਬੋਲੀ ਨੂੰ ਤਰਜੀਹ ਦਿੱਤੀ ਜਾਂਦੀ ਹੈ ਤੇ ਉਨ੍ਹਾਂ ਦੀ ਬੋਲ-ਚਾਲ ਦੀ ਭਾਸ਼ਾ ਪੰਜਾਬੀ ਹੈ |