ਜਿੰਨਾ ਚਿਰ ਜਮੀਨਾਂ ਖਰੀਦਣ ‘ਤੇ ਰੋਕ ਨਹੀਂ ਲਾਉਂਦੇ, ਨੌਕਰੀਆਂ ਵੀ ਬਾਹਰਲਿਆਂ ਨੂੰ ਜਾਣਗੀਆਂ

0
507

ਗੁਆਂਢੀ ਸੂਬਿਆਂ ਲਈ ਪੰਜਾਬ ਹੁਣ ਕਿਸੇ ‘ਸਵਰਗ’ ਤੋਂ ਘੱਟ ਨਹੀਂ। ਕਿਉਂਕਿ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਵਿਚ ਵੀ ਗੁਆਂਢੀ ਸੂਬੇ ਝੰਡੀ ਲੈ ਗਏ ਹਨ। ਜਦੋਂ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਨੇ ਆਪਣੇ ਪਸ਼ੂ ਪਾਲਣ ਮਹਿਕਮੇ ’ਚ ਵੈਟਰਨਰੀ ਇੰਸਪੈਕਟਰ ਭਰਤੀ ਕਰਨ ਮੌਕੇ ਪੰਜਾਬ ਲਈ ਬੂਹੇ ਬੰਦ ਕੀਤੇ ਹੋਏ ਹਨ ਤਾਂ ਠੀਕ ਉਦੋਂ ਹੀ ਪੰਜਾਬ ਨੇ ਇਨ੍ਹਾਂ ਦੋਵਾਂ ਸੂਬਿਆਂ ਲਈ ਦਰਵਾਜੇ ਖੋਲ੍ਹੇ ਹੋਏ ਹਨ। ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੱਲ ਇੱਕ ਸਮਾਗਮ ਵਿਚ ਨਵ ਨਿਯੁਕਤ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਵੇਰਵਿਆਂ ਅਨੁਸਾਰ ਇਨ੍ਹਾਂ 68 ਵੈਟਰਨਰੀ ਇੰਸਪੈਕਟਰਾਂ ਚੋਂ 35 ਵੈਟਰਨਰੀ ਇੰਸਪੈਕਟਰ ਹਰਿਆਣਾ ਅਤੇ ਰਾਜਸਥਾਨ ਦੇ ਬਾਸ਼ਿੰਦੇ ਹਨ। ਇਨ੍ਹਾਂ ਵਿਚ ਪੰਜਾਬ ਦੇ ਸਿਰਫ 33 ਵੈਟਰਨਰੀ ਇੰਸਪੈਕਟਰ ਹਨ। ਮਤਲਬ ਕਿ ਅੱਧ ਤੋਂ ਜਿਆਦਾ ਵੈਟਰਨਰੀ ਇੰਸਪੈਕਟਰ ਦੂਜੇ ਰਾਜਾਂ ਦੇ ਨਿਯੁਕਤ ਹੋਏ ਹਨ। ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਨ੍ਹਾਂ ਸਾਰੇ ਇੰਸਪੈਕਟਰਾਂ ਨਾਲ ਇੱਕ ਯਾਦਗਾਰੀ ਤਸਵੀਰ ਵੀ ਕਰਾਈ ਹੈ।

ਇਨ੍ਹਾਂ 68 ਇੰਸਪੈਕਟਰਾਂ ਚੋਂ ਦੋ ਦਰਜਨ ਵੈਟਰਨਰੀ ਇੰਸਪੈਕਟਰ ਹਰਿਆਣਾ ਦੇ ਹਨ ਜਦੋਂ ਕਿ 11 ਵੈਟਰਨਰੀ ਇੰਸਪੈਕਟਰ ਰਾਜਸਥਾਨ ਦੇ ਹਨ। ਪਸ਼ੂ ਪਾਲਣ ਮਹਿਕਮੇ ਨੇ 866 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਜੁਲਾਈ 2021 ਵਿਚ ਇਸ਼ਤਿਹਾਰ ਦਿੱਤਾ ਸੀ।

ਹਾਲ ਹੀ ਵਿਚ ਦੋ ਪੜਾਵਾਂ ਵਿਚ 128 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿਚ 60 ਵੈਟਰਨਰੀ ਇੰਸਪੈਕਟਰਾਂ ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਹਨ।
ਹਰਿਆਣਾ ਅਤੇ ਰਾਜਸਥਾਨ ਨੇ ਤਾਂ ਦੂਸਰੇ ਸੂਬਿਆਂ ਦੇ ਨੌਜਵਾਨਾਂ ਲਈ ਆਪੋ ਆਪਣੇ ਸੂਬਿਆਂ ਵਿਚ ਵੈਟਰਨਰੀ ਡਿਪਲੋਮਾ ਕਰਨ ’ਤੇ ਵੀ ਰੋਕ ਲਾਈ ਹੋਈ ਹੈ।

ਇੱਥੋਂ ਤੱਕ ਕਿ ਹਰਿਆਣਾ ਸਰਕਾਰ ਨੇ ਆਪਣੇ ਸਰਵਿਸ ਰੂਲਜ਼ ਵਿਚ ਹੀ ਹਰਿਆਣਾ ਤੋਂ ਡਿਪਲੋਮਾ ਕੀਤੇ ਹੋਣ ਦੀ ਸ਼ਰਤ ਲਗਾਈ ਹੋਈ ਹੈ।
ਪੰਜਾਬ ਵਿਚ ਵੈਟਰਨਰੀ ਡਿਪਲੋਮਾ ਕਰਨ ਵਾਸਤੇ ਦੂਸਰੇ ਸੂਬਿਆਂ ’ਤੇ ਕੋਈ ਰੋਕ ਨਹੀਂ ਹੈ। ਬਲਕਿ ਦੂਸਰੇ ਸੂਬਿਆਂ ਲਈ ਕੋਟਾ ਰਾਖਵਾਂ ਹੈ। ਇਸ ਤੋਂ ਪਹਿਲਾਂ ਪਾਵਰਕੌਮ ਵਿਚ ਦੂਸਰੇ ਸੂਬਿਆਂ ਦੇ ਨੌਜਵਾਨ ਭਰਤੀ ਹੋਣ ਵਿਚ ਕਾਮਯਾਬ ਹੋਏ ਹਨ।

ਬੇਰੁਜ਼ਗਾਰ ਵੈਟਰਨਰੀ ਇੰਸਪੈਕਟਰ ਆਖਦੇ ਹਨ ਕਿ ਦੂਸਰੇ ਸੂਬਿਆਂ ਵੱਲੋਂ ਇਹ ਪੰਜਾਬ ਦੇ ਹੱਕ ’ਤੇ ਡਾਕਾ ਹੈ ਜਿਸ ’ਤੇ ਪੰਜਾਬ ਸਰਕਾਰ ਰੋਕ ਲਗਾਵੇ।ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ ਦਾ ਕਹਿਣਾ ਸੀ ਕਿ ਜਦੋਂ ਪੰਜਾਬ ਦੇ ਨੌਜਵਾਨ ਇਨ੍ਹਾਂ ਅਸਾਮੀਆਂ ਲਈ ਦੂਸਰੇ ਸੂਬਿਆਂ ਵਿਚ ਅਪਲਾਈ ਕਰਦੇ ਹਨ ਤਾਂ ਦੂਸਰੇ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਆਸਾਮੀ ਲਈ ਵਿਚਾਰਦੇ ਵੀ ਨਹੀਂ ਹਨ। ਪੰਜਾਬ ਸਰਕਾਰ ਤਾਂ ਹੁਣ ਭਰਤੀ ਕਰਨ ਮੌਕੇ ਡੋਮੀਸਾਈਲ ਦਾ ਸਰਟੀਫਿਕੇਟ ਵੀ ਨਹੀਂ ਮੰਗ ਰਹੀ ਹੈ। ਜਿਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਖੁਸ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਭਰਤੀਆਂ ਮੌਕੇ ਡੋਮੀਸਾਈਲ ਸਰਟੀਫਿਕੇਟ ਲਾਜ਼ਮੀ ਕਰੇ।

ਪੰਜਾਬ ਦੇ ਨੌਜਵਾਨ ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ ਜਾਂ ਫੇਰ ਕਾਮਰੇਡ ਹੋਣ ਜਾਂ ਨਾਸਤਿਕ ਹੋਣ। ਇਕ ਗੱਲ ਸਮਝ ਲੈਣ। ਜਿੰਨਾ ਚਿਰ ਤੁਸੀਂ ਪੰਜਾਬ ‘ਚ ਬਾਹਰੀ ਰਾਜਾਂ ਵਾਲੇ ਬੰਦਿਆ ‘ਤੇ ਖੇਤੀ ਜਾਂ ਮਕਾਨ ਪਾਉਣ, ਜਮੀਨ ਖਰੀਦਣ ‘ਤੇ ਰੋਕ ਨਹੀਂ ਲਵਾਉਂਦੇ। ਜਿੰਨਾ ਚਿਰ ਪੰਜਾਬ ਦਾ ਪੱਕਾ ਨਿਵਾਸੀ ਹੋਣ ਲਈ ਵੀਹ ਸਾਲ ਇਥੇ ਲਗਾਤਾਰ ਰਹਿਣ ਦੀ ਸ਼ਰਤ ਨਹੀ ਪੂਰੀ ਕਰਵਾਉੰਦੇ। ਬਾਹਰਲਿਆਂ ਦੀਆਂ ਵੋਟਾਂ ਬਣਨੀਆਂ ਬੰਦ ਨਹੀਂ ਕਰਵਾਉੰਦੇ। ਉਨਾਂ ਚਿਰ ਡੋਮੀਸਾਈਲ ਲਾਗੂ ਵੀ ਹੋ ਜਾਵੇ ਕੁੱਝ ਨਹੀਂ ਬਣਨਾ।

ਪੰਜਾਬ ਦਾ ਡੋਮੀਸਾਈਲ ਸਰਟੀਫਿਕੇਟ ਬਣਾਉਣਾ ਵੀ ਕੋਈ ਬਹੁਤਾ ਔਖਾ ਕੰਮ ਨਹੀਂ। ਇਸ ਕਰਕੇ ਮੂਲ ਮੁੱਦਿਆਂ ਵੱਲ ਆਉ। ਮੂਲ ਮੰਗਾਂ ਨੂੰ ਸਮਝੋ। ਤਾਂ ਹੀ ਤੁਹਾਡੇ ਮਸਲੇ ਹੱਲ ਹੋਣਗੇ। ਭਾਰਤ ਮਾਤਾ ਦੇ ਸਪੂਤ ਬਣ ਕੇ ਚੁੱਪ ਕਰ ਜਾਣਾ ਸੌਖਾ ਹੈ। ਆਵਦੇ ਮੂਲ ਹੱਕ ਲੈਣੇ ਔਖੇ ਨੇ।

#ਮਹਿਕਮਾ_ਪੰਜਾਬੀ