ਟਾਂਡਾ ‘ਚ ਹੋਏ ਗਊਆਂ ਦੇ ਕਤਲ ਮਾਮਲੇ ਦੀ ਭਗਵੰਤ ਮਾਨ ਵੱਲੋਂ ਨਿਖੇਧੀ, ਪੁਲਸ ਨੂੰ ਦਿੱਤੇ ਇਹ ਸਖ਼ਤ ਹੁਕਮ

0
411

ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵਾਪਰੇ ਗਊਆਂ ਦੇ ਮਾਮਲੇ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ ’ਤੇ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਅਮਨ, ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ। ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ ਵਿਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਪੁਲਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਟਾਂਡਾ ਵਿਚ ਬੀਤੇ ਦਿਨ ਲਗਭਗ 20 ਗਊ ਵੰਸ਼ ਦੇ ਕਤਲ ਦੀ ਖ਼ੌਫਨਾਕ ਵਾਰਦਾਤ ਸਾਹਮਣੇ ਆਈ ਸੀ। ਬੀਤੇ ਦਿਨ ਜਲੰਧਰ-ਪਠਾਨਕੋਟ ਹਾਈਵੇਅ ਦੇ ਨਾਲ ਲੱਗਦੇ ਰੇਲਵੇ ਟਰੈਕ ਕੋਲ ਗਊਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਸਵੇਰੇ 9 ਵਜੇ ਦੇ ਕਰੀਬ ਕਿਸੇ ਰਾਹਗੀਰ ਤੋਂ ਸੂਚਨਾ ਮਿਲਣ ’ਤੇ ਟਾਂਡਾ ਪੁਲਸ ਅਤੇ ਰੇਲਵੇ ਪੁਲਸ ਦੀ ਟੀਮ ਮੌਕੇ ’ਤੇ ਪੁੱਜੀ। ਇਸ ਦੌਰਾਨ ਬੇਰਹਿਮੀ ਨਾਲ ਸਿਰ ਅਤੇ ਲੱਤਾਂ ਵੱਢ ਕੇ ਕਤਲ ਕੀਤੀਆਂ ਗਈਆਂ ਗਊਆਂ ਦੇ ਸਿਰ ਅਤੇ ਲਾਸ਼ਾਂ ਪਈਆਂ ਸਨ ਅਤੇ ਉਨ੍ਹਾਂ ਦੀ ਮਾਸ ਅਤੇ ਚਮਡ਼ੀ ਗਾਇਬ ਸੀ।

ਜਾਣਕਾਰੀ ਅਨੁਸਾਰ ਅਣਪਛਾਤੇ ਕਾਤਲਾਂ ਨੇ ਹਾਈਵੇਅ ਤੋਂ 500 ਮੀਟਰ ਦੂਰ ਰੇਲਵੇ ਟ੍ਰੈਕ ਦੇ ਕੋਲ ਗਊਆਂ ਅਤੇ ਬਲਦਾਂ ਨੂੰ ਗੱਡੀ ’ਚ ਲਿਆ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਅਤੇ ਉਨ੍ਹਾਂ ਦੀ ਖੱਲ ਲੈ ਕੇ ਫਰਾਰ ਹੋ ਗਏ। ਇਸ ਦੌਰਾਨ ਕਾਤਲ ਆਲੂਆਂ ਦੀਆਂ ਬੋਰੀਆਂ ਉੱਥੇ ਹੀ ਛੱਡ ਗਏ, ਜਿਨ੍ਹਾਂ ਦੀ ਮਦਦ ਨਾਲ ਉਹ ਗਊਆਂ ਨੂੰ ਟਰੱਕ ਵਿਚ ਲੁਕਾ ਕੇ ਲਿਆਏ ਸਨ। ਰੇਲਵੇ ਪੁਲਸ ਨੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰਕੇ ਫੋਰੈਂਸਿਕ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕਾਤਲਾਂ ਵੱਲੋਂ ਵਰਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ।ਉੱਥੇ ਉਚ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ‘ਸਿਟ’ ਕਾਇਮ ਕੀਤੀ ਜਾਵੇਗੀ।

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ’ਚ ਹਿੰਦੂ ਸੰਗਠਨਾਂ ਦੇ ਮੈਂਬਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਮੌਕੇ ’ਤੇ ਪਹੁੰਚੇ ਅਤੇ ਗੁੱਸੇ ਦਾ ਇਜ਼ਹਾਰ ਕਰਦਿਆਂ ਕਾਤਲਾਂ ਦਾ ਜਲਦ ਹੀ ਪਤਾ ਲਾਉਣ ਦੀ ਮੰਗ ਨੂੰ ਲੈ ਕੇ ਸਵੇਰੇ 11 ਵਜੇ ਤੋਂ ਦੁਪਹਿਰ ਤੱਕ ਹਾਈਵੇ ਜਾਮ ਕੀਤਾ ਗਿਆ ਸੀ। ਇਸ ਦੌਰਾਨ ਹਿੰਦੂ ਸੰਗਠਨਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਇਸ ਗੁਨਾਹ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਜਲਦੀ ਪਤਾ ਲਾ ਕੇ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।