ਬੇਅਦਬੀ ਕਾਂਡ ‘ਚ ਗੁਰਮੀਤ ਰਾਮ ਰਹੀਮ ਮੁਲਜ਼ਮ ਵੱਲੋ ਨਾਮਜ਼ਦ

0
603

ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹਨ। ਜੁਡੀਸ਼ਲ ਮੈਜਿਸਟ੍ਰੇਟ ਮੈਡਮ ਤਰਜਨੀ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਹਾਲਾਂਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਦੋਂ ਕਿ ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਜਾ ਕੇ ਉੱਚ ਪੱਧਰੀ ਪੁੱਛ-ਪੜਤਾਲ ਕਰ ਚੁੱਕੀ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਸੋਸ਼ਲ ਮੀਡੀਆ ’ਤੇ ਅਰਵਿੰਦ ਕੇਜਰੀਵਾਲ ਦਾ ਉਹ ਬਿਆਨ ਸਾਂਝਾ ਕੀਤਾ ਹੈ, ਜਿਸ ਵਿਚ ਉਹ ਸਾਬਕਾ ਚੰਨੀ ਸਰਕਾਰ ਨੂੰ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ’ਤੇ 24 ਘੰਟਿਆਂ ਵਿਚ ਬੇਅਦਬੀ ਮਾਮਲੇ ਦੇ ਦੋਸ਼ੀਆਂ ’ਤੇ ਕਾਰਵਾਈ ਕਰਨ ਦੀ ਗੱਲ ਆਖ ਰਹੇ ਹਨ। ਦਰਅਸਲ ਇਹ ਵੀਡੀਓ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀ ਹੈ, ਜਦੋਂ ਕੇਜਰੀਵਾਲ ਚੋਣ ਪ੍ਰਚਾਰ ਲਈ ਪੰਜਾਬ ਆਏ ਸਨ।


ਇਸ ਦੌਰਾਨ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਸੀ ਕਿ ਬਰਗਾੜੀ ਕਾਂਡ ਨੂੰ ਲੈ ਕੇ ਪੂਰੇ ਪੰਜਾਬ ਦੀ ਜਨਤਾ ਬੇਹੱਦ ਨਾਰਾਜ਼ ਹੈ। ਜਨਤਾ ਚਾਹੁੰਦੀ ਹੈ ਕਿ ਬਰਗਾੜੀ ਕਾਂਡ ਪਿੱਛੇ ਮਾਸਟਰ ਮਾਈਂਡ ਨੂੰ ਸਜ਼ਾ ਮਿਲੇ ਅਤੇ ਮਾਸਟਰ ਮਾਈਂਡ ਕੌਣ ਹਨ, ਇਹ ਦੱਸਣ ਦੀ ਲੋੜ ਨਹੀਂ ਹੈ। ਚੰਨੀ ਸਰਕਾਰ (ਉਸ ਵੇਲੇ ਦੀ ਸਰਕਾਰ) ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਪੜ੍ਹ ਕੇ ਵੇਖ ਲਵੇ, ਉਸ ਵਿਚ ਨਾਮ ਲਿਖੇ ਹੋਏ ਹਨ, ਇਸ ਦੇ ਆਧਾਰ ’ਤੇ 24 ਘੰਟਿਆਂ ਦੇ ਅੰਦਰ ਮੁਲਜ਼ਮਾਂ ’ਤੇ ਕਾਰਵਾਈ ਹੋ ਸਕਦੀ ਹੈ। ਇਸ ’ਤੇ ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਸਵਾਲ ਕਰਦੇ ਹੋਏ ਪੁੱਛਿਆ ਹੈ ਕਿ ਹੁਣ ਪੰਜਾਬ ਵਿਚ ਤੁਹਾਡੀ ਸਰਕਾਰ ਹੈ ਅਤੇ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਿਉਂ ਨਹੀਂ ਕਰ ਰਹੇ ਹੋ, ਹੁਣ ਤੁਹਾਨੂੰ ਕਿਸ ਨੇ ਰੋਕਿਆ ਹੈ।